Tuesday 9 October 2012

ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਕਾਨੂੰਨ 1971 'ਚ ਸੋਧ ਦਾ ਵਿਰੋਧ

• ਕਾਂਗਰਸ ਦਿੱਲੀ ਦੇ ਗੁਰਦੁਆਰਿਆਂ 'ਤੇ ਸਰਨਾ ਭਰਾਵਾਂ ਦਾ ਗੈਰ-ਕਾਨੂੰਨੀ ਕਬਜ਼ਾ ਰੱਖਣ ਲਈ ਚੋਣਾਂ ਭੰਗ ਕਰਨ ਦੀ ਕਰ ਰਹੀ ਹੈ ਕੋਸ਼ਿਸ਼
• ਕਾਂਗਰਸ ਦੀ ਕਾਰਵਾਈ ਨੂੰ ਸਿੱਖਾਂ ਦੇ ਅੰਦਰੂਨੀ ਮਾਮਲਿਆਂ 'ਚ ਸਿੱਧਾ ਦਖਲ ਐਲਾਨਿਆ

ਚੰਡੀਗੜ੍ਹ, 9 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਕਾਨੂੰਨ 1971 'ਚ ਸੋਧ ਕਰਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ਼ਕਾਲ 2 ਸਾਲ ਤੋਂ ਵਧਾ ਕੇ 4 ਸਾਲ ਕਰਨ ਅਤੇ ਕਮੇਟੀ ਦੇ ਪ੍ਰਧਾਨ ਦੀ ਸਿੱਧੀ ਚੋਣ ਕਰਨ ਦੀ ਕਾਰਵਾਈ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ 31 ਦਸੰਬਰ, 2012 ਤੋਂ ਪਹਿਲਾਂ ਹੋਣ ਵਾਲੀਆਂ ਚੋਣਾਂ ਨੂੰ ਰੱਦ ਕਰਨ ਲਈ ਪੁੱਟਿਆ ਗਿਆ ਇਕ ਗੈਰ-ਜ਼ਮਹੂਰੀ ਕਦਮ ਐਲਾਨਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਕਾਰਵਾਈ ਨੂੰ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਦੇ ਅੰਦਰੂਨੀ ਮਾਮਲਿਆਂ 'ਚ ਸਿੱਧੀ ਦਖਲਅੰਦਾਜ਼ੀ ਐਲਾਨਦਿਆਂ ਕਾਂਗਰਸ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸਿੱਖਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕਰਨ ਤੋਂ ਬਾਜ ਆ ਜਾਵੇ।


ਅੱਜ ਇਥੇ ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਵੱਲੋਂ ਅੰਦਰਖਾਤੇ ਕੀਤੀ ਗਈ ਇਹ ਕਾਰਵਾਈ ਇਸ ਤੱਥ 'ਤੇ ਰੋਸ਼ਨੀ ਪਾਉਂਦੀ ਹੈ ਕਿ ਕਾਂਗਰਸ ਪਾਰਟੀ ਨੂੰ ਪੱਕਾ ਯਕੀਨ ਹੈ ਕਿ ਉਸ ਦੇ ਇਸ਼ਾਰਿਆਂ 'ਤੇ ਚੱਲਣ ਵਾਲੇ ਸਰਨਾ ਭਰਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਪੂਰੀ ਤਰ੍ਹਾਂ ਹੂੰਝੇ ਜਾਣਗੇ ਅਤੇ ਇਸੇ ਲਈ ਕਾਂਗਰਸ ਚਾਹੁੰਦੀ ਹੈ ਕਿ ਕਿਸੇ ਨਾ ਕਿਸੇ ਤਰ੍ਹਾਂ ਕਾਨੂੰਨ ਨਾਲ ਖਿਲਵਾੜ ਕਰਕੇ ਸਰਨਾ ਭਰਾਵਾਂ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕਾਬਜ਼ ਰੱਖਿਆ ਜਾਵੇ। ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰ-ਵਾਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਬਿਨਤੀ ਕਰ ਚੁੱਕਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਛੇਤੀ ਤੋਂ ਛੇਤੀ ਕਰਵਾਈਆਂ ਜਾਣ ਕਿਉਂਕਿ ਸਰਨਾ ਭਰਾ ਸਾਰੇ ਨਿਯਮਾਂ ਨੂੰ ਛਿੱਕੇ 'ਤੇ ਟੰਗ ਕੇ ਗੁਰੂ ਘਰ ਦੀਆਂ ਗੋਲਕਾਂ ਲੁੱਟ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਗੁਰਦੁਆਰਿਆਂ ਦੇ ਧਾਰਮਕ ਤੇ ਵਿੱਤੀ ਮਾਮਲਿਆਂ ਦਾ ਪ੍ਰਬੰਧ ਪੂਰੀ ਤਰ੍ਹਾਂ ਗੜਬੜਾ ਗਿਆ ਹੈ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਦੀ ਹੋ ਰਹੀ ਬੇਕਦਰੀ ਤੋਂ ਦਿੱਲੀ ਦੇ ਸਿੱਖ ਸਖ਼ਤ ਨਾਰਾਜ਼ ਹਨ। ਸ. ਬਾਦਲ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ ਬਹਾਨੇਬਾਜ਼ੀ ਤਹਿਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਰ-ਵਾਰ ਅੱਗੇ ਪਾਉਣ 'ਤੇ ਆਖ਼ਿਰਕਾਰ ਦਿੱਲੀ ਹਾਈ ਕੋਰਟ ਨੂੰ ਇਸ ਮਾਮਲੇ 'ਚ ਦਖਲ ਦੇਣਾ ਪਿਆ ਅਤੇ ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਹ ਚੋਣਾਂ 31 ਦਸੰਬਰ ਤੋਂ ਪਹਿਲਾਂ ਕਰਵਾਉਣ ਦੇ ਆਦੇਸ਼ ਦਿੱਤੇ। ਸ. ਬਾਦਲ ਨੇ ਕਿਹਾ ਕਿ ਇਨਾਂ ਚੋਣਾਂ 'ਚ ਸਰਨਾ ਭਰਾਵਾਂ ਦੇ ਹੋਣ ਵਾਲੇ ਹਸ਼ਰ ਨੂੰ ਸਾਹਮਣੇ ਰੱਖਦਿਆਂ ਹੁਣ ਸ੍ਰੀਮਤੀ ਸ਼ੀਲਾ ਦਿਕਸ਼ਤ ਦੀ ਸਰਕਾਰ ਉਨ੍ਹਾਂ ਦੇ ਬਚਾਅ ਲਈ ਸਾਹਮਣੇ ਆ ਗਈ ਹੈ।


ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸਿੱਧੀ ਚੋਣ ਲਈ ਕਾਨੂੰਨ 'ਚ ਤਜਵੀਜ਼ੀ ਸੋਧ ਦਾ ਵਿਰੋਧ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਚਾਇਤ, ਜ਼ਿਲ੍ਹਾ ਪ੍ਰੀਸ਼ਦ, ਨਗਰ ਕਮੇਟੀਆਂ, ਨਗਰ ਨਿਗਮ, ਵਿਧਾਨ ਸਭਾ ਅਤੇ ਲੋਕ ਸਭਾ ਵਰਗੇ ਲੋਕਤੰਤਰ ਸੰਸਥਾਵਾਂ ਦੇ ਆਗੂ ਦੀ ਚੋਣ ਬਹੁਮਤ ਵੱਲੋਂ ਕੀਤੀ ਜਾਂਦੀ ਹੈ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਧਾਨ ਦੀ ਚੋਣ ਲਈ ਇਸ ਜ਼ਮਹੂਰੀ ਰਿਵਾਇਤ ਤੋਂ ਵੱਖਰਾ ਕਰਕੇ ਅਜਿਹੇ ਪ੍ਰਧਾਨ ਦੀ ਚੋਣ ਨਹੀਂ ਕੀਤੀ ਜਾ ਸਕਦੀ ਜਿਸ ਨੂੰ ਬਹੁਮਤ ਮੈਂਬਰਾਂ ਦੀ ਹਿਮਾਇਤ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਸੋਧ ਦੇਸ਼ ਦੇ ਸੰਵਿਧਾਨ ਦੀ ਜ਼ਮਹੂਰੀ ਵਿਚਾਰਧਾਰਾ ਦੇ ਵਿਰੁੱਧ ਹੈ ਅਤੇ ਕਾਂਗਰਸ ਸਰਕਾਰ ਨੂੰ ਇਸ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ ਕਿ ਉਹ ਆਪਣੇ 'ਮਿੱਤਰਾਂ' ਨੂੰ ਸਿੱਖਾਂ ਦੀਆਂ ਧਾਰਮਕ ਸੰਸਥਾਵਾਂ 'ਤੇ ਕਾਬਜ਼ ਕਰਵਾ ਦੇਵੇ।
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਅਤੇ ਆਪਣੇ ਐਨ.ਡੀ.ਏ. ਭਾਈਵਾਲਾਂ ਨਾਲ ਜਲਦੀ ਹੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਮਿਲ ਕੇ ਅਪੀਲ ਕਰਨਗੇ ਕਿ ਉਹ ਸਖ਼ਤੀ ਵਰਤਦਿਆਂ ਸ੍ਰੀਮਤੀ ਸ਼ੀਲਾ ਦਿਕਸ਼ਤ ਦੀ ਸਰਕਾਰ ਦੀ ਇਸ ਗੁਸਤਾਖ਼ੀ ਨੂੰ ਰੋਕਣ ਅਤੇ ਅਦਾਲਤ ਦੇ ਹੁਕਮਾਂ ਅਨੁਸਾਰ 31 ਦਸੰਬਰ 2012 ਤੋਂ ਪਹਿਲਾਂ ਇਨਾਂ ਚੋਣਾਂ ਨੂੰ ਯਕੀਨੀ ਬਨਾਉਣ। ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਇਨਾਂ ਦੇ ਐਨ.ਡੀ.ਏ. ਦੇ ਭਾਈਵਾਲਾਂ ਨੂੰ ਨਾਲ ਲੈ ਕੇ ਨਵੀਂ ਦਿੱਲੀ 'ਚ ਧਰਨਾ ਦੇ ਕੇ ਕਾਂਗਰਸ ਪਾਰਟੀ ਵੱਲੋਂ ਚਲਾਈ ਜਾ ਰਹੀ ਸਿੱਖ ਵਿਰੋਧੀ ਮੁਹਿੰਮ ਦਾ ਪਰਦਾਫਾਸ਼ ਕਰਨਗੇ।
ਕਾਂਗਰਸ ਪਾਰਟੀ ਵੱਲੋਂ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਸਿੱਖਾਂ ਦੇ ਅੰਦਰੂਨੀ ਮਾਮਲਿਆਂ 'ਚ ਕੀਤੀ ਜਾਂਦੀ ਦਖ਼ਲਅੰਦਾਜ਼ੀ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਵੱਲੋਂ ਚੱਲੀਆਂ ਗਈਆਂ ਘਨੋਣੀਆਂ ਚਾਲਾਂ ਦੀ ਪੰਜਾਬ ਦੇ ਲੋਕਾਂ ਅਤੇ ਖਾਸਕਰ ਸਿੱਖਾਂ ਨੇ ਵੱਡੀ ਕੀਮਤ ਚੁਕਾਈ ਹੈ। ਸ. ਬਾਦਲ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣਾਂ 'ਚ ਮੁਕੰਮਲ ਸਫਾਏ ਦੇ ਡਰੋਂ ਕਾਂਗਰਸ ਪਾਰਟੀ ਇਸ ਦੀ ਸਿਆਸੀ ਪ੍ਰੋਯਸ਼ਾਲਾ ਵੱਲੋਂ ਤਿਆਰ ਕੀਤੀ ਗਈ ਯੋਜਨਾ ਤਹਿਤ ਸਿੱਖ ਕੌਮ ਨੂੰ ਬਦਨਾਮ ਕਰਨ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਅਚਾਨਕ ਉਠਾਏ ਜਾ ਰਹੇ ਮੁੱਦੇ ਜਿੰਨਾਂ 'ਚ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਬਨਣ ਵਾਲੀ ਯਾਦਗਾਰ ਦਾ ਮੁੱਦਾ, ਖਾੜਕੂਵਾਦ ਮੁੜ ਉਭਰਨ ਦਾ ਹਊਆ ਆਦਿ ਕਾਂਗਰਸ ਦੀ ਵੋਟ ਰਾਜਨੀਤੀ ਦਾ ਹੀ ਹਿੱਸਾ ਹਨ ਜਿਸ ਦੇ ਸਹਾਰੇ ਉਹ ਚੋਣਾਂ ਦੌਰਾਨ ਹਿੰਦੂ ਭਾਈਚਾਰੇ ਦੇ ਮਨਾਂ 'ਚ ਡਰ ਪੈਦਾ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਸ. ਬਾਦਲ ਨੇ ਕਿਹਾ ਕਿ ਸਿੱਖਾਂ ਨੂੰ ਕਾਂਗਰਸ ਤੋਂ ਕਿਸੇ ਪ੍ਰਮਾਣ ਪੱਤਰ ਦੀ ਲੋੜ ਨਹੀਂ ਬਲਕਿ ਇਹ ਤਾਂ ਸਾਰਾ ਦੇਸ਼ ਜਾਣਦਾ ਹੈ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ 'ਚ ਕੀਮਤੀ ਜਾਨਾਂ ਕੁਰਬਾਨ ਕਰਨ ਵਾਲਿਆਂ 'ਚੋਂ 80 ਫੀਸਦੀ ਸਿੱਖ ਸਨ। ਉਨ੍ਹਾਂ ਕਿਹਾ ਕਿ ਹੁਣ ਵੋਟਰ ਬਹੁਤ ਸਿਆਣੇ ਹੋ ਗਏ ਹਨ ਅਤੇ ਉਹ ਜਾਣਦੇ ਹਨ ਕਿ ਕਾਂਗਰਸ ਪਾਰਟੀ ਦਹਾਕਿਆਂ ਤੱਕ ਪੰਜਾਬ 'ਚ ਖਾੜਕੂਵਾਦ ਦੇ ਨਾਂਅ 'ਤੇ ਆਪਣੀ ਰੋਟੀਆਂ ਸੇਕਦੀ ਰਹੀ ਹੈ ਅਤੇ ਸਿੱਖ ਕਾਂਗਰਸ ਪਾਰਟੀ ਨੂੰ ਕਦੇ ਵੀ ਇਜਾਜ਼ਤ ਨਹੀਂ ਦੇਣਗੇ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਅੰਦਰੂਨੀ ਮਾਮਲਿਆਂ 'ਚ ਦਖਲਅੰਦਾਜ਼ੀ ਕਰੇ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਇਸ ਮਾਮਲੇ 'ਤੇ ਪ੍ਰਮੁੱਖ ਸਿਆਸੀ ਆਗੂਆਂ ਅਤੇ ਕਾਨੂੰਨੀ ਮਾਹਰਾਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਕਿ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾ ਸਕੇ।

No comments:

Post a Comment