- ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ 2951 ਕਰੋੜ ਰੁਪਏ ਦੀ ਯੋਜਨਾ ਤਿਆਰ।
- ਸਾਰੇ ਵੱਡੇ ਸ਼ਹਿਰਾਂ ਵਿੱਚ ਲੱਗਣਗੇ ਸੀ.ਸੀ.ਟੀ.ਵੀ ਕੈਮਰੇ
ਅੰਮ੍ਰਿਤਸਰ, 11 ਅਕਤੂਬਰ:ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਨੇ ਲੁੱਟਾਂ – ਖੋਹਾਂ ਦੀਆਂ ਘਟਨਾਵਾਂ ਵਿਰੁੱਧ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਾਰੇ ਜਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ਤੇ ਇਸ ਮੁਹਿੰਮ ਦੀ ਅਗਵਾਈ ਕਰਨ। ਅੰਮ੍ਰਿਤਸਰ ਦੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਬਾਦਲ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਵਿੱਚ ਖੱਲਲ ਪਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਥਾਣਾ ਮੁਖੀ ਆਪਣੇ ਇਲਾਕੇ ਵਿੱਚ ਹੋਈ ਘਟਨਾ ਲਈ ਜਿੰਮੇਵਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪੁਲਿਸ ਵੱਲੋਂ ਅਪਰਾਧਕ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਦੌਰਾਨ 700 ਅਪਰਾਧੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸ਼ਹਿਰੀ ਪੁਲਿਸ ਮਾਡਲ ਅਤੇ ''ਰੈਪਿਡ ਰੂਰਲ ਪੁਲਿਸ ਪੈਟਰੋਲਿੰਗ'' ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਜੋ ਕਿ ਅਗਲੇ ਮਹੀਨੇ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਵੱਡੀ ਪੱਧਰ 'ਤੇ ਕਾਰਵਾਈ ਜਾਰੀ ਹੈ ਅਤੇ ਇਹੀ ਕਾਰਨ ਹੈ ਕਿ ਪੰਜਾਬ ਪੁਲਿਸ ਨੇ ਰਾਸ਼ਟਰ ਪੱਧਰ 'ਤੇ ਹੁੰਦੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਸਭ ਤੋਂ ਵੱਧ ਹਿੱਸਾ ਪਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰੀਆਂ ਦੀ ਜਾਇਦਾਦ ਜਬਤ ਕਰਨ ਦੇ ਵੀ ਹੁਕਮ ਕੀਤੇ ਗਏ ਹਨ।
ਸ੍ਰ ਬਾਦਲ ਨੇ ਐਲਾਨ ਕੀਤਾ ਕਿ ਅਗਲੇ 6 ਮਹੀਨਿਆਂ ਵਿੱਚ ਸਾਰੇ ਵੱਡੇ ਸ਼ਹਿਰਾਂ ਵਿੱਚ ਅਪਰਾਧਕ ਘਟਨਾਵਾਂ ਰੋਕਣ ਲਈ ਹਾਈਟੈਕ ਸੀ:ਸੀ:ਟੀ:ਵੀ ਕੈਮਰੇ ਲਗਾ ਦਿੱਤੇ ਜਾਣਗੇ। ਸ੍ਰ ਬਾਦਲ ਨੇ ਦੱਿਸਆ ਕਿ ਅੰਮ੍ਰਿਤਸਰ ਸ਼ਹਿਰ ਨੂੰ ਨਵੀਂ ਦਿੱਖ ਦੇਣ ਲਈ 2951 ਕਰੋੜ ਰੁਪਏ ਦਾ ਪ੍ਰਾਜੈਕਟ ਲਿਆਂਦਾ ਜਾ ਰਿਹਾ ਹੈ ਅਤੇ ਅੰਤਰਰਾਸ਼ਟਰੀ ਮਾਹਿਰਾਂ ਦੀ ਸਲਾਹ ਨਾਲ ਪਵਿੱਤਰ ਸ਼ਹਿਰ ਅੰਮ੍ਰਿਤਸਰ ਦਾ ਵਿਕਾਸ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਦੀ ਵਿਰਾਸਤੀ ਦਿੱਖ ਵੀ ਬਰਕਰਾਰ ਰਹੇਗੀ ਅਤੇ ਸ਼ਹਿਰ ਆਧੁਨਿਕ ਸਹੂਲਤਾਂ ਨਾਲ ਵੀ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਅੰਤਰਰਾਸ਼ਟਰੀ ਸੈਲਾਨੀਆਂ ਦੀ ਖਿੱਚ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸ਼ਹਿਰ ਦੇ ਧਾਰਮਿਕ 'ਤੇ ਇਤਿਹਾਸਕ ਅਸਥਾਨਾਂ ਦੇ ਨਾਲ ਨਾਲ ਵਾਹਗਾ ਸਰਹੱਦ, ਤਰਨਤਾਰਨ, ਖਡੂਰ ਸਾਹਿਬ, ਗੋਇੰਦਵਾਲ ਸਾਹਿਬ ਆਦਿ ਨੂੰ ਵੀ ਇਸ ਪ੍ਰਾਜੈਕਟ ਅਧੀਨ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਵਿਸ਼ਵ ਪੱਧਰ ਦੇ ਪ੍ਰਦਰਸ਼ਨੀ ਸੈਂਟਰ, ਫੂਡ ਕੋਰਟ, ਇਨਡੋਰ ਆਡੀਟੋਰੀਅਮ, ਓਪਨ ਏਅਰ ਥੀਏਟਰ, ਲਾਈਟ ਐਂਡ ਸਾਉਂਡ ਸ਼ੋਅ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 142 ਕਸਬਿਆਂ ਅਤੇ ਸ਼ਹਿਰਾਂ ਲਈ ਸਰਕਾਰ ਵੱਲੋਂ 8745 ਕਰੋੜ ਰੁਪਏ ਦਾ ਪ੍ਰਜੈਕਟ ਪਹਿਲਾਂ ਹੀ ਚਲਾਇਆ ਜਾ ਰਿਹਾ ਹੈ, ਜਿਸ ਵਿਚੋਂ ਵੀ ਅੰਮ੍ਰਿਤਸਰ ਨੂੰ ਵੱਡਾ ਹਿੱਸਾ ਮਿਲੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਸੜਕਾਂ, ਪਾਰਕਾਂ ਦਾ ਸੁੰਦਰੀਕਰਨ, ਸਟਰੀਟ ਲਾਈਟਾਂ, ਸੀਵਰੇਜ, ਵਾਟਰ ਸਪਲਾਈ ਆਦਿ ਨੂੰ ਕਿਸੇ ਇਕ ਏਜੰਸੀ ਦੇ ਅਧੀਨ ਕੀਤਾ ਜਾ ਰਿਹਾ ਹੈ ਅਤੇ ਉਕਤ ਏਜੰਸੀ ਹੀ ਅਗਲੇ 10 ਸਾਲ ਇਸ ਨੂੰ ਚਲਾਉਣ ਲਈ ਪਾਬੰਦ ਹੋਵੇਗੀ। ਉਨ੍ਹਾਂ ਕਿਹਾ ਕਿ ਅਗਲੇ 3 ਸਾਲਾਂ ਵਿੱਚ ਅੰਮ੍ਰਿਤਸਰ ਦੀ ਨਵੀਂ ਦਿੱਖ ਸਾਹਮਣੇ ਆ ਜਾਵੇਗੀ। ਉਨ੍ਹਾਂ ਸੈਰ ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਅੰਤਰਰਾਸ਼ਟਰੀ ਸੈਲਾਨੀਆਂ ਦੀ ਸਹੂਲਤ ਲਈ ਸ਼ਹਿਰ ਵਿੱਚ ਅੰਗਰੇਜ਼ੀ, ਫਰੈਂਚ ਅਤੇ ਸਪੇਨੀ ਭਾਸ਼ਾ ਜਾਣਦੇ ਗਾਈਡ ਤਾਇਨਾਤ ਕਰਨ ਜੋ ਕਿ ਸਿੱਖ ਇਤਿਹਾਸ ਅਤੇ ਪੰਜਾਬ ਸਭਿਆਚਾਰ ਦੀ ਜਾਣਕਾਰੀ ਦੇ ਸਕਣ।
ਇਸ ਮੌਕੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਬਾਈਪਾਸ ਦੇ ਨਾਲ ਲੱਗਦੇ ਗੰਦੇ ਨਾਲੇ ਦਾ ਮੁੱਦਾ ਉਠਾਉਂਦਿਆਂ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਨਾਲੇ ਦਾ ਅਜਿਹਾ ਪ੍ਰਾਜੈਕਟ ਤਿਆਰ ਕੀਤਾ ਜਾਵੇ ਜਿਸ ਨਾਲ ਇਹ ਨਾਲਾ ਵੀ ਢੱਕਿਆ ਜਾਵੇ ਅਤੇ ਇਹ ਉਪਰਲੀ ਜਮੀਨ ਦੀ ਵਰਤੋਂ ਵਪਾਰਕ ਕੰਮਾਂ ਲਈ ਕੀਤੀ ਜਾ ਸਕੇ। ਅੱਜ ਦੀ ਇਸ ਮੀਟਿੰਗ ਵਿੱਚ ਸ੍ਰ ਮਜੀਠੀਆ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਸ੍ਰ. ਇੰਦਰਬੀਰ ਸਿੰਘ ਬੁਲਾਰੀਆ, ਡਾ: ਨਵਜੋਤ ਕੌਰ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਮੇਅਰ ਬਖਸ਼ੀ ਰਾਮ ਅਰੋੜਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਅਸ਼ੋਕ ਕੁਮਾਰ ਗੁਪਤਾ, ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਦੇ ਡਾਇਰੇਕਟਰ ਸ੍ਰੀ ਕਰਮਜੀਤ ਸਿੰਘ ਸਰਾਂ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਮਨਵੇਸ਼ ਸਿੰਘ ਸਿੱਧੂ ਤੇ ਸ੍ਰੀ ਅਜੇ ਕੁਮਾਰ ਮਹਾਜਨ, ਕਮਿਸ਼ਨਰ ਨਗਰ ਨਿਗਮ ਸ੍ਰੀ ਧਰਮ ਪਾਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਅਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
No comments:
Post a Comment